ਦੀਵਾਨ ਟੋਡਰ ਮੱਲ ਜੀ ਦੀ ਹਵੇਲ਼ੀ ਫ਼ਤਹਿਗੜ ਸਾਹਿਬ || ਦੀਵਾਨ ਟੋਡਰ ਮੱਲ ਜੀ ਦਾ ਸੰਖੇਪ ਇਤਿਹਾਸ ਹੇਠਾਂ ਪੜੋ ਜੀ
ਦੀਵਾਨ ਟੋਡਰ ਮੱਲ ਸਿੱਖ ਇਤਿਹਾਸ ਦਾ ਉਹ ਮਹਾਨ ਪਾਤਰ ਹੈ, ਜਿਸ ਨੇ ਆਪਣੇ ਇਸ਼ਟ ਦੇ ਲਖਤੇ ਜਿਗਰਾਂ ਦੇ ਸੰਸਕਾਰ ਲਈ ਸੰਸਾਰ ਦੀ ਸਭ ਤੋਂ ਮਹਿੰਗੀ ਜ਼ਮੀਨ ਸ਼੍ਰੀ ਫਤਹਿਗੜ੍ਹ ਸਾਹਿਬ 'ਚ ਖ਼ਰੀਦੀ। ਇਸ ਅਦੁੱਤੀ ਕਾਰਜ ਨਾਲ ਉਹ ਸਿੱਖ ਪੰਥ ਦੀਆਂ ਅਤਿ ਆਦਰਯੋਗ ਸ਼ਖ਼ਸੀਅਤਾਂ ਵਿੱਚ ਸ਼ਾਮਲ ਹੋ ਗਏ। ਦੀਵਾਨ ਟੋਡਰ ਮੱਲ ਦੇ ਜਨਮ ਸਥਾਨ, ਖ਼ਾਨਦਾਨ, ਜੀਵਨ ਅਤੇ ਵਾਰਸਾਂ ਬਾਰੇ ਇਤਿਹਾਸ ਵਿੱਚ ਜ਼ਿਆਦਾ ਜਾਣਕਾਰੀ ਨਹੀਂ ਮਿਲਦੀ। ਮੰਨਿਆ ਜਾਂਦਾ ਹੈ ਕਿ ਉਹ ਜ਼ਾਤ ਦੇ ਜੈਨ ਸਨ ਤੇ ਗੁਰੂ ਘਰ ਦੇ ਅਤਿਅੰਤ ਸ਼ਰਧਾਲੂ ਸਨ।ਉਹ ਉਸ ਵੇਲੇ ਸਰਹਿੰਦ ਸੂਬੇ ਦੇ ਅਮੀਰ ਵਪਾਰੀ ਤੇ ਮੁਅੱਜਜ਼ ਦਰਬਾਰੀ ਸਨ। ਉਨ੍ਹਾਂ ਦਾ ਜੱਦੀ ਪਿੰਡ ਕਾਕੜਾ ਸੀ, ਜੋ ਹੁਣ ਥਾਣਾ ਸਦਰ ਸਮਾਣਾ ਅਧੀਨ ਆਉਂਦਾ ਹੈ ਉਨ੍ਹਾਂ ਦੇ ਜਨਮ ਤੋਂ ਪਹਿਲਾਂ ਹੀ ਉਨ੍ਹਾਂ ਦੇ ਪੁਰਖੇ ਕਾਰੋਬਾਰ ਕਾਰਨ ਪਿੰਡ ਛੱਡ ਕੇ ਸਰਹਿੰਦ ਵਸ ਗਏ ਸਨ। ਉਨ੍ਹਾਂ ਦੀ ਅਮੀਰੀ, ਸਰਕਾਰੀ ਪ੍ਰਭਾਵ ਅਤੇ ਸ਼ਾਨੋ ਸ਼ੌਕਤ ਇਸ ਗੱਲ ਤੋਂ ਸਾਹਮਣੇ ਆਉਂਦੀ ਹੈ ਕਿ ਉਨ੍ਹਾਂ ਦੀ ਰਿਹਾਇਸ਼ (ਜਹਾਜ਼ ਹਵੇਲੀ) ਸਰਹਿੰਦ ਦੇ ਸੂਬੇਦਾਰ ਵਜ਼ੀਰ ਖ਼ਾਨ ਦੇ ਮਹਿਲ ਦੇ ਨਜ਼ਦੀਕ ਸੀ। 13 ਦਸੰਬਰ 1704 ਨੂੰ ਵਜ਼ੀਰ ਖ਼ਾਨ ਦੇ ਹੁਕਮ ਨਾਲ ਸਾਹਿਬਜ਼ਾਦਾ ਜ਼ੋਰਾਵਰ ਸਿੰਘ, ਸਾਹਿਬਜ਼ਾਦਾ ਫ਼ਤਹਿ ਸਿੰਘ ਅਤੇ ਮਾਤਾ ਗੁਜਰੀ ਜੀ ਨੂੰ ਸ਼ਹੀਦ ਕਰ ਦਿੱਤਾ ਗਿਆ। ਉਨ੍ਹਾਂ ਦੀ ਸ਼ਹੀਦੀ ਤੋਂ ਬਾਅਦ ਕਿਸੇ ਦੀ ਇਹ ਹਿੰਮਤ ਨਾ ਪਈ ਕਿ ਉਨ੍ਹਾਂ ਦਾ ਵਿਧੀ ਪੂਰਵਕ ਸਸਕਾਰ ਕਰ ਸਕਣ, ਸਰਕਾਰੀ ਕਹਿਰ ਦੇ ਡਰ ਕਾਰਨ ਸਰਹਿੰਦ ਦੇ ਕਿਸੇ ਜ਼ਿਮੀਂਦਾਰ ਦੀ ਜ਼ਮੀਨ ਦੇਣ ਦੀ ਹਿੰਮਤ ਨਾ ਪਈ। ਅਖੀਰ ਇੱਕ ਜ਼ਿਮੀਂਦਾਰ ਚੌਧਰੀ ਅੱਤਾ ਜ਼ਮੀਨ ਵੇਚਣ ਲਈ ਤਿਆਰ ਹੋ ਗਿਆ, ਪਰ ਉਸ ਨੇ ਸ਼ਰਤ ਰੱਖੀ ਕਿ ਜ਼ਮੀਨ ਦੀ ਕੀਮਤ ਸੋਨਾ ਵਿਛਾ ਕੇ ਦੇਣੀ ਪਵੇਗੀ। ਕਿਹਾ ਜਾਂਦਾ ਹੈ ਕਿ ਉਸ ਨੇ ਸੋਨੇ ਦੇ ਸਿੱਕੇ ਖੜ੍ਹੇ ਕਰ ਕੇ ਕੀਮਤ ਲਈ ਸੀ। ਉਸ ਵੇਲੇ ਸੋਨੇ ਦੀ ਅਸ਼ਰਫ਼ੀ ਦਾ ਸਾਈਜ਼ ਕਰੀਬ ਸਵਾ ਇੰਚ ਅਤੇ ਭਾਰ ਕਰੀਬ ਇੱਕ ਤੋਲਾ ਹੁੰਦਾ ਸੀ।ਸਾਹਿਬਜ਼ਾਦਿਆਂ ਦੇ ਸਸਕਾਰ ਲਈ 2-2 ਮੀਟਰ ਅਤੇ ਮਾਤਾ ਜੀ ਲਈ 2-1.5 ਮੀਟਰ ਦੇ ਕਰੀਬ ਜਗ੍ਹਾ ਲਈ ਗਈ ਹੋਵੇਗੀ। ਇਸ ਲਈ ਕਰੀਬ 7800 ਅਸ਼ਰਫ਼ੀਆਂ (78 ਕਿੱਲੋ ਸੋਨਾ) ਵਿਛਾਈਆਂ ਗਈਆਂ ਹੋਣਗੀਆਂ। ਜੇ ਅਸ਼ਰਫ਼ੀਆਂ ਖੜ੍ਹੇ ਰੁਖ ਰੱਖੀਆਂ ਗਈਆਂ ਹੋਣਗੀਆਂ ਤਾਂ 78000 ਦੇ ਕਰੀਬ ਅਸ਼ਰਫ਼ੀਆਂ (780 ਕਿੱਲੋ ਸੋਨਾ) ਵਿਛਾਉਣੀਆਂ ਪਈਆਂ ਹੋਣਗੀਆਂ। ਇਸ ਕਾਰਨ ਦੀਵਾਨ ਦੀ ਸਾਰੀ ਪੂੰਜੀ ਜ਼ਮੀਨ ਖ਼ਰੀਦਣ ਵਿੱਚ ਲੱਗ ਗਈ ਤੇ ਘਰ ਬਾਰ ਗਹਿਣੇ ਪੈ ਗਿਆ, ਪਰ ਉਨ੍ਹਾਂ ਨੇ ਆਪਣੇ ਨੁਕਸਾਨ ਦੀ ਕੋਈ ਪ੍ਰਵਾਹ ਨਹੀਂ ਕੀਤੀ ਅਤੇ ਗੁਰੂ ਜੀ ਅਤੇ ਸਿੱਖੀ ਦੀ ਮਹਾਨ ਸੇਵਾ ਕੀਤੀ।ਵਜ਼ੀਰ ਖ਼ਾਨ ਜ਼ਾਲਮ ਤੇ ਬੇਰਹਿਮ ਇਨਸਾਨ ਸੀ। ਉਸ ਨੇ ਬਾਬਾ ਮੋਤੀ ਰਾਮ ਮਹਿਰਾ ਦਾ ਸਾਰਾ ਪਰਿਵਾਰ ਸਿਰਫ਼ ਇਸ ਲਈ ਵੇਲਣੇ ਵਿੱਚ ਪੀੜ ਕੇ ਸ਼ਹੀਦ ਕਰ ਦਿੱਤਾ ਸੀ ਕਿ ਉਨ੍ਹਾਂ ਨੇ ਮਾਤਾ ਗੁਜਰੀ ਜੀ ਤੇ ਸਾਹਿਬਜ਼ਾਦਿਆਂ ਦੀ ਠੰਢੇ ਬੁਰਜ ਵਿੱਚ ਦੁੱਧ ਨਾਲ ਸੇਵਾ ਕੀਤੀ ਸੀ। ਇਸ ਲਈ ਉਹ ਇਹ ਕਿਵੇਂ ਬਰਦਾਸ਼ਤ ਕਰ ਸਕਦਾ ਸੀ ਕਿ ਕੋਈ ਉਨ੍ਹਾਂ ਦਾ ਸਸਕਾਰ ਕਰੇ? ਜਦੋਂ ਉਸ ਨੂੰ ਦੀਵਾਨ ਟੋਡਰ ਮੱਲ ਦੇ ਇਸ ‘ਗੁਨਾਹ’ ਬਾਰੇ ਪਤਾ ਚੱਲਿਆ ਤਾਂ ਉਸ ਦਾ ਕਹਿਰ ਦੀਵਾਨ ’ਤੇ ਟੁੱਟ ਪਿਆ। ਆਪਣੇ ਪਰਿਵਾਰ ਦੀ ਸੁਰੱਖਿਆ ਲਈ ਦੀਵਾਨ ਨੂੰ ਆਪਣਾ ਘਰ-ਬਾਰ ਅਤੇ ਕਾਰੋਬਾਰ ਛੱਡ ਕੇ ਕਿਧਰੇ ਜਾਣਾ ਪਿਆ।ਇਨ੍ਹਾਂ ਸਭ ਨੇ ਸਿੱਖਾਂ ਸਿਰ ਕਰਜ਼ ਚਾੜ੍ਹਿਆ। ਕੁਝ ਨੇ ਅਹਿਸਾਨਾਂ ਦਾ ਤੇ ਕੁਝ ਨੇ ਜ਼ੁਲਮਾਂ ਦਾ। ਸਾਨੂੰ ਦੋਵੇਂ ਯਾਦ ਨੇ। ਇਸ ਸ਼ਹੀਦੀ ਹਫਤੇ ਤੁਹਾਡੇ ਨਾਲ ਅਨੰਦਪੁਰ ਛੱਡਣ ਤੋਂ ਲੈ ਕੇ ਛੋਟੇ ਸਾਹਿਬਜ਼ਾਦਿਆਂ ਦੇ ਸੰਸਕਾਰ ਤੱਕ ਦੀ ਗਾਥਾ ਦਾਸ ਨੇ ਸਾਂਝੀ ਕੀਤੀ ਤਾਂ ਕਿ ਸਾਨੂੰ ਉਨ੍ਹਾਂ ਮਹਾਨ ਕੁਰਬਾਨੀਆਂ ਦਾ ਅਹਿਸਾਸ ਰਹੇ, ਅਸੀਂ ਉਸ ਰਵਾਇਤ ‘ਤੇ ਤੁਰਨ ਦੀ ਕੋਸ਼ੀਸ਼ ਕਰੀਏ। ਇਹ ਦਿਨ ਮਨਾਉਣੇ ਤਾਂ ਹੀ ਕੋਈ ਅਰਥ ਰੱਖਣਗੇ, ਜੇ ਅਸੀਂ ਜ਼ੁਲਮ ਅਤੇ ਜ਼ਾਲਮ ਖਿਲਾਫ ਤੇ ਮਜ਼ਲੂਮ ਨਾਲ ਖੜ੍ਹਨ ਦਾ ਹੀਆ ਕਰਦੇ ਰਹਾਂਗੇ। ਧਨਵਾਦ ਸਪੋਕਸਮੈਨ ਪੰਜਾਬੀ ਅਖ਼ਬਾਰ https://www.rozanaspokesman.in..../panthak/gurbani-pan